ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤ...

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ

ਜਾਤ-ਪਾਤ, ਊਚ-ਨੀਚ ਤੇ ਨਸ਼ਿਆਂ ਵਰਗੀਆਂ ਬੁਰਾਈਆਂ ਨੂੰ ਖ਼ਤਮ ਕਰਕੇ ਸਰਬੱਤ ਦੇ ਭਲੇ ਦਾ ਰਾਹ ਅਪਣਾਉਣ ਦੀ ਲੋੜ

 

ਰਾਹੋਂ, 23 ਨਵੰਬਰ , 

   ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪਾਵਨ ਘੜੀ ਮੌਕੇ ਸਮੁੱਚੀ ਮਨੁੱਖਤਾ ਨੂੰ ਮੁਬਾਰਕਬਾਦ ਦਿੰਦਿਆਂ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬਾਬੇ ਨਾਨਕ ਦੇ ਮਹਾਨ ਫਲਸਫੇ, ਸਿਧਾਂਤਾਂ ਅਤੇ ਵਿਚਾਰਧਾਰਾ ਨੂੰ ਅਪਣਾਉਣ ਦੀ ਸਭ ਤੋਂ ਵੱਧ ਲੋੜ ਹੈ। ਗੁਰੂ ਸਾਹਿਬ ਵੱਲੋਂ ਦਿੱਤਾ ਬਰਾਬਰਤਾ, ਸੱਚਾਈ, ਇਮਾਨਦਾਰੀ, ਨਿਮਰਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਸਮਾਜ ਨੂੰ ਸਹੀ ਦਿਸ਼ਾ ਦੇਣ ਦੀ ਸਮਰੱਥਾ ਰੱਖਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਬਿਨਾਂ ਕਿਸੇ ਭੇਦਭਾਵ ਦੇ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਗੁਰੂ ਸਾਹਿਬ ਨੇ ਸਮਾਜ ਵਿੱਚ ਪ੍ਰਚਲਿਤ ਜਾਤ-ਪਾਤ, ਊਚ-ਨੀਚ, ਵਹਿਮਾਂ-ਭਰਮਾਂ ਅਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਹਰ ਮਨੁੱਖ ਨੂੰ ਬਰਾਬਰ ਸਨਮਾਨ ਦੇਣ ਦੀ ਮਹਾਨ ਸਿੱਖਿਆ ਦਿੱਤੀ।ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਤਿੰਨ ਮਹਾਨ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਸਿਰਫ਼ ਧਾਰਮਿਕ ਉਪਦੇਸ਼ ਹੀ ਨਹੀਂ, ਸਗੋਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦਾ ਆਧਾਰ ਹਨ। ਹੱਕ-ਸੱਚ ਦੀ ਕਿਰਤ ਕਰਨਾ, ਪਰਮਾਤਮਾ ਦਾ ਨਾਮ ਸਿਮਰਨਾ ਅਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਦੀ ਸਹਾਇਤਾ ਕਰਨਾ ਮਨੁੱਖ ਨੂੰ ਚੰਗੇ ਜੀਵਨ ਅਤੇ ਸਮਾਜਿਕ ਜ਼ਿੰਮੇਵਾਰੀ ਵੱਲ ਪ੍ਰੇਰਿਤ ਕਰਦਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਣਾ, ਕੀਰਤਨ ਸੁਣਨਾ ਅਤੇ ਲੰਗਰ ਸੇਵਾ ਕਰਨਾ ਸਾਡੀ ਸ਼ਰਧਾ ਦਾ ਪ੍ਰਤੀਕ ਹੈ, ਪਰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਮਲ ਕਰਨਾ ਇਸ ਤੋਂ ਵੀ ਵੱਡੀ ਜ਼ਿੰਮੇਵਾਰੀ ਹੈ। ਸਮਾਜ ਵਿੱਚ ਨਫ਼ਰਤ ਦੀ ਥਾਂ ਪਿਆਰ, ਵਿਤਕਰੇ ਦੀ ਥਾਂ ਬਰਾਬਰਤਾ ਅਤੇ ਸਵਾਰਥ ਦੀ ਥਾਂ ਸੇਵਾ ਤੇ ਸਾਂਝ ਦੀ ਭਾਵਨਾ ਪੈਦਾ ਕਰਨੀ ਸਮੇਂ ਦੀ ਮੁੱਖ ਲੋੜ ਹੈ।ਡਾ. ਨਛੱਤਰ ਪਾਲ ਨੇ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ, ਲੋੜਵੰਦਾਂ ਦੀ ਮਦਦ ਕਰਨ, ਨੌਜਵਾਨ ਪੀੜ੍ਹੀ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਅਤੇ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਇਕਜੁੱਟ ਹੋ ਕੇ ਯਤਨ ਕਰਨ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਇੱਕ ਸਿਹਤਮੰਦ, ਸਮਾਨਤਾਵਾਦੀ, ਸ਼ਾਂਤੀਪੂਰਨ ਅਤੇ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।