ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਜ਼ਮੀਨ ਮਾਲਕ ਖ਼ਿਲਾਫ਼ ਮਾਮਲਾ ਦਰਜ, ਪੁਲਿਸ ਨੇ ਵਾਹਨ ਕੀਤਾ ਜ਼ਬਤ
ਡੇਰਾਬੱਸੀ, 25 ਨਵੰਬਰ,
ਡੇਰਾਬੱਸੀ ਖੇਤਰ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਮਾਈਨਿੰਗ ਵਿਭਾਗ ਦੀ ਟੀਮ ਨੇ ਨੇੜਲੇ ਪਿੰਡ ਚਡਿਆਲਾ ਵਿਖੇ ਨਾਜਾਇਜ਼ ਖੁਦਾਈ ਕਰਦੇ ਹੋਏ ਇੱਕ ਟਰੈਕਟਰ-ਟਰਾਲੀ ਨੂੰ ਮੌਕੇ ’ਤੇ ਕਾਬੂ ਕੀਤਾ ਹੈ। ਹਾਲਾਂਕਿ, ਇਸ ਦੌਰਾਨ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਡੇਰਾਬੱਸੀ ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਇੰਸਪੈਕਟਰ ਸਰਕਲ ਡੇਰਾਬੱਸੀ ਪਵਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 24 ਨਵੰਬਰ ਨੂੰ ਪਿੰਡ ਚਡਿਆਲਾ ਵਿਖੇ ਗ਼ੈਰਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੌਕੇ ਤੋਂ ਸਵਰਾਜ ਟਰੈਕਟਰ ਸਮੇਤ ਟਰਾਲੀ ਨੂੰ ਕਾਬੂ ਕੀਤਾ ਗਿਆ, ਪਰ ਟਰੈਕਟਰ ਚਾਲਕ ਫ਼ਰਾਰ ਹੋ ਗਿਆ। ਮਾਈਨਿੰਗ ਇੰਸਪੈਕਟਰ ਵੱਲੋਂ ਟਰੈਕਟਰ-ਟਰਾਲੀ ਅਤੇ ਸਬੰਧਤ ਜ਼ਮੀਨ ਦੇ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ।
ਪੁਲਿਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਚਡਿਆਲਾ ਖ਼ਿਲਾਫ਼ ਮਾਈਨਿੰਗ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਟਰੈਕਟਰ-ਟਰਾਲੀ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਫ਼ਰਾਰ ਹੋਏ ਟਰੈਕਟਰ ਚਾਲਕ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।